
ਬੇਲਾ ਕਾਲਜ ਦੀ ਹਾਕੀ ਟੀਮ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ‘ਚ ਜਿੱਤਿਆ ਗੋਲਡ ਮੈਡਲ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਹਾਕੀ ਟੀਮ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਖੇਡ ਮੁਕਾਬਲਾ ਉੱਤਰ ਪ੍ਰਦੇਸ਼ ਵਿਖੇ 26 ਮਈ ਤੋਂ 01 ਜੂਨ 2023 ਤੱਕ ਅੰਡਰ 27 (ਮਰਦ) ਗਰੁੱਪ ਦੇ ਖਿਡਾਰੀਆਂ ਵਿੱਚਕਾਰ ਗੁਰੂ ਗੋਬਿੰਦ ਸਿੰਘ ਸਪੋਰਟਸ ਕਾਲਜ ਲਖਨਊ ਵਿਖੇ ਹੋਇਆ।ਇਸ ਅੰਤਰ ਯੂਨੀਵਰਸਿਟੀ ਮੁਕਾਬਲੇ ਵਿੱਚ ਬੇਲਾ ਕਾਲਜ ਦੇ 13 ਖਿਡਾਰੀਆਂ ਨੇ ਹਿੱਸਾ ਲਿਆ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਫਾਈਨਲ ਮੁਕਾਬਲੇ ਵਿੱਚ ਹਰਾ ਕੇ ਪਹਿਲੀ ਵਾਰ ਸੋਨ ਤਗਮਾ ਆਪਣੇ ਨਾਮ ਦਰਜ ਕਰਵਾਇਆ।ਉਹਨਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਹੀ ਨਹੀਂ ਸਗੋਂ ਬੇਲਾ ਕਾਲਜ ਦਾ ਨਾਮ ਖੇਡ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਉਕਰਿਆ ਗਿਆ ਹੈ।ਇਸ ਮੌਕੇ ਸਮੂਹ ਖਿਡਾਰੀਆਂ ਦਾ ਕਾਲਜ ਪੁੱਜਣ ਤੇ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਲੌਂਗੀਆ ਨੇ ਕਿਹਾ ਕਿ ਬੇਲਾ ਕਾਲਜ ਨੇ ਸਦਾ ਹੀ ਅਗਾਂਹਵਧੂ ਪਹਿਲਕਦਮੀਆਂ ਕੀਤੀਆਂ ਹਨ ਅਤੇ ਵਿਦਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਅਗੇਤ ਦਿੱਤੀ ਹੈ। ਇਹ ਪ੍ਰਾਪਤੀ ਇਸੇ ਦਾ ਹੀ ਨਤੀਜਾ ਹੈ। ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਵਿਸ਼ੇਸ਼ ਤੌਰ ਤੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਲੈਫਟੀਨੈਂਟ ਸ. ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋਫੈਸਰ ਸ. ਅਮਰਜੀਤ ਸਿੰਘ ਦੀ ਪਿੱਠ ਤੇ ਥਾਪੜਾ ਦਿੱਤਾ ਅਤੇ ਉਹਨਾਂ ਨੂੰ ਉਕਤ ਖਿਡਾਰੀਆਂ ਲਈ ਹੋਰ ਬਿਹਤਰੀਨ ਪ੍ਰਬੰਧ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਇਸ ਪ੍ਰਾਪਤੀ ਨੂੰ ਇਤਿਹਾਸਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਬੇਲਾ ਕਾਲਜ ਦੇ ਭਾਰਤ ਦੇ ਖੇਡ ਖੇਤਰ ਵਿੱਚ ਦਿੱਤੇ ਜਾ ਰਹੇ ਵਡਮੁੱਲੇ ਯੋਗਦਾਨ ਦੀ ਮੂੰਹ ਬੋਲਦੀ ਤਸਵੀਰ ਹੈ। ਸਮੁੱਚੀ ਪ੍ਰਬੰਧਕ ਕਮੇਟੀ, ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਜੇਤੂ ਖਿਡਾਰੀਆਂ ਦਾ ਸਨਮਾਨ ਟਰਾਫ਼ੀਆਂ ਅਤੇ ਨਕਦ ਰਾਸ਼ੀ ਪ੍ਰਦਾਨ ਕਰਕੇ ਕੀਤਾ ਗਿਆ। ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ, ਸਹਾਇਕ ਪੋ੍ਰਫੈਸਰ ਰਾਕੇਸ਼ ਜੋਸ਼ੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।